ਅਨੰਦਪੁਰ ਸਾਹਿਬ : ਪੰਜਾਬ ‘ਚ ਇਕ ਹੋਰ ਛੁੱਟੀ ਵਧ ਗਈ ਹੈ। ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਵਿਰਾਸਤ ਏ ਖਾਲਸਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨਗਰ ਕੌਂਸਲ ਸ੍ਰੀ ਆਨੰਦ ਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਪ੍ਰੇਮ ਸਿੰਘ ਬਾਸੋਵਾਲ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਸਮੇਤ ਉੱਚ ਅਧਿਕਾਰੀ ਹਾਜ਼ਰ ਸਨ। ਵਿਰਾਸਤ ਏ ਖ਼ਾਲਸਾ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਪੀਕਰ ਕੰਵਰਪਾਲ ਸਿੰਘ ਰਾਣਾ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਗੁਰਦੁਆਰਾ ਸੀਸ ਗੰਜ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਸਪੀਕਰ ਰਾਣਾ ਕੇਪੀ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਮੌਜੂਦ ਸਨ। ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਹਨ ਜੋ ਬਤੌਰ ਮੁੱਖ ਮੰਤਰੀ ਗੁਰਦੁਆਰਾ ਸੀਸ ਗੰਜ ਸਾਹਿਬ ਪੁੱਜੇ ਹਨ। ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਦੇ ਕੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ
5 ਸਤੰਬਰ ਨੂੰ ਮਨਾਇਆ ਜਾਂਦੈ ਭਾਈ ਜੈਤਾ ਜੀ ਦਾ ਜਨਮ ਦਿਹਾੜਾ
ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਗੁਰਦੁਆਰਾ ਤਪ ਅਸਥਾਨ ਦੇ ਮੁੱਖ ਪ੍ਰਬੰਧਕ ਬਾਬਾ ਤੀਰਥ ਸਿੰਘ ਨੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 5 ਸਤੰਬਰ ਨੂੰ ਭਾਈ ਜੈਤਾ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਦੀ ਛੁੱਟੀ ਕਰਕੇ ਸਰਕਾਰ ਨੇ ਚਿਰੋਕਣੀ ਮੰਗ ਪੂਰੀ ਕੀਤੀ ਹੈ।