ਚੰਡੀਗੜ੍ਹ : Punjab Vidhan Sabha Chunav 2022: ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ 31 ਜਨਵਰੀ ਤਕ ਵਾਪਸ ਲਏ ਜਾ ਸਕਦੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਚੋਣਾਂ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਹੁਣ ਤੱਕ ਪੰਜਾਬ ਵਿੱਚ 82 ਫੀਸਦੀ ਲੋਕਾਂ ਨੂੰ ਕੋਵਿਡ ਦੀ ਪਹਿਲੀ ਖੁਰਾਕ ਅਤੇ 46 ਫੀਸਦੀ ਲੋਕਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਪੰਜਾਬ ਵਿੱਚ ਪਾਜ਼ੇਟਿਵਿਟੀ ਰੇਟ 2.1 ਪ੍ਰਤੀਸ਼ਤ ਹੈ। ਇਸ ਵਾਰ ਚੋਣਾਂ ਵਿੱਚ ਨਾਮਜ਼ਦਗੀ ਲਈ ਆਨਲਾਈਨ ਸਹੂਲਤ ਵੀ ਦਿੱਤੀ ਗਈ ਹੈ। ਇਸ ਵਾਰ ਵੀ ਪੋਲਿੰਗ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ ਕੁੱਲ 21275066 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ ਸਰਵਿਸ ਵੋਟਰ 10163 ਤੇ ਐਨਆਰਆਈ ਵੋਟਰ 1601 ਸ਼ਾਮਲ ਹਨ। ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24689 ਹੈ।
ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਪਾਜ਼ੇਟਿਵ ਵੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦੇ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਵੀ ਵੱਡਾ ਫੇਰਬਦਲ ਕੀਤਾ ਹੈ। ਸੂਬੇ ਵਿੱਚ ਆਈਏਐਸ ਅਤੇ ਪੀਸੀਐਸ ਸਮੇਤ 32 ਅਧਿਕਾਰੀਆਂ ਦਾ ਇਧਰ-ਉਧਰ ਤਬਾਦਲਾ ਕੀਤਾ ਗਿਆ ਹੈ।
ਪੰਜਾਬ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੀ ਟੀਮ ਨੇ ਦਸੰਬਰ ਵਿੱਚ ਸੂਬੇ ਦਾ ਦੌਰਾ ਕੀਤਾ ਸੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਟੀਮ ਵਿੱਚ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ, ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਸ਼ਾਮਲ ਸਨ। ਟੀਮ ਨੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ। ਖਾਸ ਗੱਲ ਇਹ ਹੈ ਕਿ ਇਸ ਵਾਰ ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕਾਸਟਿੰਗ ਹੋਵੇਗੀ।
ਪੰਜਾਬ ਚੋਣ ਅਧਿਕਾਰੀ ਡਾ: ਰਾਜੂ ਨੇ ਦੱਸਿਆ ਕਿ ਉਹ ਗੈਰ-ਜ਼ਮਾਨਤੀ ਵਾਰੰਟ ਕੇਸਾਂ, ਪੈਰੋਲ ਜੰਪਰਾਂ, ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਨਸ਼ਾ ਤਸਕਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਦੇ ਡੀਸੀ, ਸੀਪੀਜ਼/ਐਸਐਸਪੀਜ਼ ਅਤੇ ਈਆਰਓਜ਼ ਨਾਲ ਮੀਟਿੰਗਾਂ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।