ਹਾਈਬ੍ਰਿਡ ਰੈਲੀਆਂ ਰਾਹੀਂ ਮਾਹੌਲ ਬਣਾਏਗੀ ਭਾਜਪਾ

ਨਵੀਂ ਦਿੱਲੀ- ਕੋਰੋਨਾ ਦੀ ਲਾਗ ਕਾਰਨ ਚੋਣ ਕਮਿਸ਼ਨ ਨੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੇ ‘ਚ ਭਾਜਪਾ ਨੇ ਚੋਣ ਪ੍ਰਚਾਰ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਭਾਜਪਾ ਚੋਣ ਰਾਜਾਂ ਵਿੱਚ ਡਿਜੀਟਲ ਰੈਲੀਆਂ ਕਰੇਗੀ। ਇਨ੍ਹਾਂ ਰੈਲੀਆਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦਾ ਯਤਨ ਕੀਤਾ ਜਾਵੇਗਾ।

ਛੋਟੀਆਂ ਰੈਲੀਆਂ ਕਰਨਗੇ ਸੀਨੀਅਰ ਆਗੂ

ਪਾਰਟੀ ਸੂਤਰਾਂ ਨੇ ਦੱਸਿਆ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਜਪਾ ਨੇ ਚੋਣ ਪ੍ਰਚਾਰ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਭਾਜਪਾ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਛੋਟੀਆਂ ਰੈਲੀਆਂ ਦਾ ਸਿੱਧਾ ਪ੍ਰਸਾਰਣ ਕਰੇਗੀ। ਇਨ੍ਹਾਂ ਰੈਲੀਆਂ ਰਾਹੀਂ ਇੱਕ ਤੋਂ ਦੋ ਲੱਖ ਲੋਕਾਂ ਤਕ ਪਹੁੰਚਣ ਦਾ ਯਤਨ ਕੀਤਾ ਜਾਵੇਗਾ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੇ ਕਈ ਨੇਤਾਵਾਂ ਨਾਲ ਇਸ ਮੁਹਿੰਮ ਦੀ ਰਣਨੀਤੀ ‘ਤੇ ਚਰਚਾ ਕੀਤੀ ਸੀ। ਇਸ ਚਰਚਾ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਸੀਨੀਅਰ ਆਗੂ ਛੋਟੇ ਇਕੱਠਾਂ ਨੂੰ ਸੰਬੋਧਨ ਕਰਨਗੇ। ਇਹ ਰੈਲੀਆਂ ਵੱਖ-ਵੱਖ ਖੇਤਰਾਂ ‘ਚ ਕਈ ਵਾਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਟੈਲੀਕਾਸਟ ਕੀਤੀਆਂ ਜਾਣਗੀਆਂ।

22 ਜਨਵਰੀ ਤਕ ਵਧੀ ਪਾਬੰਦੀ

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਚੋਣ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਵਧਾ ਦਿੱਤੀ ਹੈ। ਚੋਣ ਕਮਿਸ਼ਨ ਨੇ ਹੁਣ 22 ਜਨਵਰੀ ਤਕ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ ਉੱਤਰ ਪ੍ਰਦੇਸ਼, ਗੋਆ, ਪੰਜਾਬ, ਮਨੀਪੁਰ ਤੇ ਉਤਰਾਖੰਡ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਛੋਟ ਦਿੱਤੀ ਹੈ।

ਕਿਹੜੇ ਸੂਬਿਆਂ ‘ਚ ਚੋਣਾਂ ਕਦੋਂ ਹੋਣਗੀਆਂ?

ਤੁਹਾਨੂੰ ਦੱਸ ਦੇਈਏ ਕਿ ਯੂਪੀ ਵਿੱਚ ਸੱਤ ਪੜਾਵਾਂ ‘ਚ ਚੋਣਾਂ ਹੋਣਗੀਆਂ। ਯੂਪੀ ਵਿੱਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ 10 ਫਰਵਰੀ ਨੂੰ ਸ਼ੁਰੂ ਹੋਵੇਗਾ। ਉੱਤਰਾਖੰਡ ਅਤੇ ਗੋਆ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਮਨੀਪੁਰ ਵਿੱਚ ਦੋ ਪੜਾਵਾਂ ਵਿੱਚ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਚੋਣਾਂ ਦੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ।