September 19, 2024

PUNJAB

INDIA NEWS

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ,-ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ। ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ।ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਸ੍ਰੀ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।