ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ,-ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇੱਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ। ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਛੇਤੀ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੈਨਸ਼ਨਰਾਂ ਦੇ ਜਾਇਜ਼ ਮਸਲੇ ਹੱਲ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਪ੍ਰਬੰਧ ਪੀ.ਐਸ.ਪੀ.ਸੀ.ਐਲ ਰਵਿੰਦਰ ਸਿੰਘ ਸੈਣੀ, ਮੈਨੇਜਰ ਆਈ.ਆਰ. ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੋਲੇਵਾਲੀ ਤੋਂ ਇਲਾਵਾ ਸਟੇਟ ਕਮੇਟੀ ਦੇ ਮੈਂਬਰ ਹਾਜ਼ਰ ਸਨ।