ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ,-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।