ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ,-ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਜਬਰ ਜਨਾਹ ਵਰਗੇ ਸੰਗੀਨ ਜ਼ੁਰਮਾਂ ਦੇ ਦੋਸ਼ੀ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।