ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।