September 19, 2024

PUNJAB

INDIA NEWS

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਚੰਡੀਗੜ੍ਹ,-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ। ਲਾਲਜੀਤ ਸਿੰਘ ਭੁੱਲਰ ਨੇ “ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ” ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ ‘ਤੇ ਬਲੈਕ ਸਪਾਟਸ ‘ਤੇ 40 ਫੀਸਦੀ ਮੌਤਾਂ ਘਟੀਆਂ ਹਨ ਅਤੇ ਪੂਰੇ ਕੌਮੀ ਮਾਰਗਾਂ ‘ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ। ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ,ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਐਨ.ਜੀ.ਓ. ‘ਅਰਾਈਵ ਸੇਫ਼’ ਤੋਂ ਹਰਮਨ ਸਿੱਧੂ, ‘ਪਟਿਆਲਾ ਫਾਊਂਡੇਸ਼ਨ’ ਤੋਂ ਰਵੀ ਆਹਲੂਵਾਲੀਆ,’ਮਯੰਕ ਫਾਊਂਡੇਸ਼ਨ’ ਤੋਂ ਦੀਪਕ ਸ਼ਰਮਾ,’ਐਵੌਇਡ ਐਕਸੀਡੈਂਟ’ ਤੋਂ ਹਰਪ੍ਰੀਤ ਸਿੰਘ ਅਤੇ ਐਨ.ਜੀ.ਓ ‘ਮੁਕਤੀਸਰ’ ਤੋਂ ਜਸਪ੍ਰੀਤ ਛਾਬੜਾ ਵੀ ਹਾਜ਼ਰ ਸਨ।