September 21, 2024

PUNJAB

INDIA NEWS

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ‘ਸੁਪਰਦਾਰੀ’ ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।