ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ ‘ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ ‘ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।
Related Posts
ਮਨਰੇਗਾ ਲੇਬਰ ਦੀਆਂ ਗ਼ਲਤ ਤੇ ਮ੍ਰਿਤਕ ਵਿਅਕਤੀਆਂ ਦੀਆਂ ਹਾਜ਼ਰੀਆਂ ਲਗਾ ਕੇ ਆਪਣੇ ਖਾਤੇ ’ਚ ਪੈਸੇ ਪਵਾਉਣ ਵਾਲੀ ਸਰਪੰਚ ਮੁਅੱਤਲ
ਸ੍ਰੀ ਮੁਕਤਸਰ ਸਾਹਿਬ : ਬਲਾਕ ਵਿਕਾਸ ਤੇ ਪੰਚਾਇਤ ਅਫਸਰ ਕੁਸ਼ਮ ਅਗਰਵਾਲ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਾਮ ਪੰਚਾਇਤ…
ਪੰਜਾਬ ‘ਚ Fastway ਕੇਬਲ ਦੇ ਮਾਲਕ ਸਣੇ 8 ਠਿਕਾਣਿਆਂ ‘ਤੇ ED ਦੀ ਰੇਡ, ਸਵੇੇਰ ਤੋਂ ਟੀਮ ਖੰਗਾਲ ਰਹੀ ਦਸਤਾਵੇਜ਼
ਲੁਧਿਆਣਾ। ED Raid In Punjab: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਚਰਚਾ ਦਾ ਵਿਸ਼ਾ ਬਣੇ ਕੇਬਲ ਨੈੱਟਵਰਕ ‘ਤੇ ਕੇਂਦਰੀ…
ਅਮਰੀਕਾ ਤੋਂ ਬਾਅਦ ਯੂਕੇ-ਕੈਨੇਡਾ ਨੇ ਵੀ ਬੀਜਿੰਗ ਓਲੰਪਿਕ ਦਾ ਕੀਤਾ ਬਾਈਕਾਟ
ਬੀਜਿੰਗ : ਅਮਰੀਕਾ ਨੇ ਬੀਜਿੰਗ ‘ਚ ਹੋਣ ਵਾਲੇ ਓਲੰਪਿਕ ‘ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਚੀਨ…