ਭਲਾਈ ਸਕੀਮਾਂ ਲੋੜਵੰਦ ਬੱਚਿਆਂ ਦਾ ਬਣਦੀਆਂ ਨੇ ਸਹਾਰਾ-ਵਿਧਾਇਕ ਬਣਾਂਵਾਲੀ
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ 29 ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਸਰਦੂਲਗੜ੍ਹ / 19 ਸਤੰਬਰ: ਗੁਰਜੰਟ ਸਿੰਘ //
ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ ਸਪੋਂਸਰਸ਼ਿਪ ਦਿਵਸ ਨੂੰ ਸਮਰਪਿਤ ਸਮਾਰੋਹ ਮੌਕੇ 29 ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ।
ਇਸ ਮੌਕੇ ਹਾਜ਼ਰ ਲਾਭਪਾਤਰੀ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਭਲਾਈ ਸਕੀਮਾਂ ਲੋੜਵੰਦ ਤੇ ਬੇਸਹਾਰਾ ਬੱਚਿਆਂ ਲਈ ਸਹਾਰਾ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਭਲਾਈ ਸਕੀਮਾਂ ਬਾਰੇ ਲੋਕਾਂ ਦਾ ਵੱਧ ਤੋਂ ਵੱਧ ਜਾਗਰੂਕ ਹੋਣਾ ਲਾਜ਼ਮੀ ਹੈ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਇੰਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਨੂੰ ਕੇਵਲ ਬੱਚਿਆਂ ਦੀ ਸਿੱਖਿਆ ’ਤੇ ਹੀ ਖਰਚ ਕੀਤਾ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਜੇਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀਮਤੀ ਨਤੀਸ਼ਾ ਅੱਤਰੀ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲਤ ਲੈਣ ਤੋਂ ਵਾਂਝਾ ਨਾ ਰਹਿ ਸਕੇ। ਸਰਕਾਰ ਵੱਲੋ ਚਲਾਈ ਜਾ ਰਹੀ ਇਸ ਸਕੀਮ ਦਾ ਆਮ ਲੋਕ ਵੱਧ ਤੋਂ ਵੱਧ ਲਾਹਾ ਲੈਣ ਤਾਂ ਜ਼ੋ ਜ਼ਰੂਰਤਮੰਤ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਹੋ ਸਕੇ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਤੋਂ ਦਿਆਨੰਦ ਲੇਖਾਕਾਰ, ਰਾਜਵੀਰ ਸ਼ਰਮਾ, ਬਲਜੀਤ ਸਿੰਘ, ਰਾਜਿੰਦਰ ਕੁਮਾਰ, ਉੱਘੇ ਸਮਾਜ ਸੇਵੀ ਕਾਕਾ ਉੱਪਲ ਅਤੇ ਹੋਰ ਪਤਵੰਤੇ ਤੇ ਲਾਭਪਾਤਰੀ ਆਦਿ ਹਾਜ਼ਰ ਸਨ।