ਸਿਵਲ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਪਿੰਡ ਭੁਪਾਲ ਦਾ ਦੌਰਾ
ਮਾਨਸਾ, 04 ਨਵੰਬਰ ਗੁਰਜੰਟ ਸਿੰਘ ਬਾਜੇਵਾਲੀਆ
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੱਲੋਂ ਸਾਂਝੇ ਤੌਰ ’ਤੇ ਦੌਰਾ ਕਰਕੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਲਗਾਈ ਅੱਗ ਨੂੰ ਮੌਕੇ ’ਤੇ ਬੁਝਵਾਇਆ ਗਿਆ।
ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।