ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਬੁਢਲਾਡਾ ਦਵਿੰਦਰ ਸਿੰਘ ਕੋਹਲੀ – ਉੱਤਰੀ ਭਾਰਤ ਦੀ ਸਿਰਮੌਰ ਖ਼ੁਦਮੁਖ਼ਤਿਆਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਹਿਲਾਂ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ ਅਤੇ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਅਤੇ ਕਥ-ਵਿਚਾਰਾਂ ਹੋਈਆਂ। ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਬਾਬਾ ਬੂਟਾ ਸਿੰਘ ਜੀ ਗੁਰਥੜੀ ਵਾਲਿਆਂ ਵੱਲੋਂ ਬਹੁਤ ਵਿਸਥਾਰ ਰੂਪ ਵਿੱਚ ਸ਼ਹਾਦਤਾਂ ਭਰੇ ਗੁਰ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ ਗਿਆ। ਉਨ੍ਹਾਂ ਨੇ ਗੁਰੂ ਸਾਹਿਬ ਦੁਆਰਾ ਆਨੰਦਪੁਰ ਸਾਹਿਬ ਨੂੰ ਛੱਡਣ, ਸਰਸਾ ਨਦੀ ਵਿੱਚ ਪਰਿਵਾਰ ਦਾ ਵਿਛੋੜਾ, ਚਮਕੌਰ ਸਾਹਿਬ ਦੀ ਜੰਗ, ਚਾਲੀ ਮੁਕਤਿਆ ਦੀਆਂ ਸ਼ਹਾਦਤਾਂ ਅਤੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਇਤਿਹਾਸ ਸੁਣਾਇਆ। ਵਿਸ਼ੇਸ਼ ਤੌਰ ਤੇ ਦਮਦਮਾ ਸਾਹਿਬ ਤੋਂ ਪਹੁੰਚੇ ਸ. ਤਰਸੇਮ ਸਿੰਘ ਪ੍ਰੀਤ ਦੇ ਢਾਡੀ ਜਥੇ ਨੇ ਗੁਰੂ ਇਤਿਹਾਸ ਦੀਆਂ ਵਾਰਾਂ ਦਾ ਗਾਇਨ ਕੀਤਾ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਨੋਰਥ ਸ਼ਹੀਦ ਸਿੰਘਾਂ ਨੂੰ ਸਿਜਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਗੁਰਸਿੱਖੀ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਹੈ। ਡਾ. ਰਜਿੰਦਰ ਕੌਰ, ਮੁਖੀ ਧਰਮ ਅਧਿਐਨ ਵਿਭਾਗ ਵੱਲੋਂ ਸਿੱਖ ਧਰਮ ਵਿੱਚ ਪੋਹ ਮਹੀਨੇ ਦੇ ਇਤਿਹਾਸ, ਇਸ ਗੁਰਮਤਿ ਸਮਾਗਮ ਦੇ ਮਨੋਰਥ ਅਤੇ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਸਟਾਫ ਦੁਆਰਾ ਹਾਜ਼ਰ ਰਿਹਾ ਅਤੇ ਇਲਾਕੇ ਦੀ ਸੰਗਤ ਨੇ ਕਥਾ ਵਿਚਾਰਾਂ ਸੁਣੀਆਂ। ਅਰਦਾਸ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।