ਐੱਸ ਕੇ ਐੱਮ ਦੇ ਸੱਦੇ ‘ਤੇ ਹਰਿਆਣਾ ਤੇ ਪੰਜਾਬ ਚ ਕੀਤੀ ਜਾ ਰਹੀ ਮਹਾਂਪੰਚਾਇਤ ਸਬੰਧੀ ਬੀਕੇਯੂ ਉਗਰਾਹਾਂ ਨੇ ਕੀਤੀ ਪ੍ਰੈਸ ਕਾਨਫਰੰਸ

ਦੋਵਾਂ ਮਹਾਂਪੰਚਾਇਤ ਚ ਬੀਕੇਯੂ ਉਗਰਾਹਾਂ ਦੀ ਅਗਵਾਈ ਚ ਸੈਂਕੜੇ ਬੱਸਾਂ ਦੇ ਕਾਫਲੇ ਹੋਣਗੇ ਸ਼ਾਮਲ 

30 ਦਸੰਬਰ ਬਰਨਾਲਾ (ਕਰਨਪ੍ਰੀਤ ਕਰਨ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਗਲ ਰੈਸਟੋਰੈਂਟ ਬਰਨਾਲਾ ਵਿਖੇ 4 ਜਨਵਰੀ ਨੂੰ ਟੋਹਾਣਾ ਤੇ 9 ਜਨਵਰੀ ਨੂੰ ਮੋਗਾ ਵਿਖੇ ਐੱਸ ਕੇ ਐੱਮ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ਾਲ ਮਹਾਂਪੰਚਾਇਤਾਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ।

ਅੱਜ ਦੀ ਪ੍ਰੈਸ ਕਾਨਫਰੰਸ ਨੂੰ ਬੀ ਕੇ ਯੂ (ਏਕਤਾ ਉਗਰਾਹਾਂ) ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਤੇ ਜਗਤਾਰ ਸਿੰਘ ਕਾਲਾਝਾੜ ਵੱਲੋਂ ਸੰਬੋਧਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਐੱਸ ਕੇ ਐੱਮ ਵੱਲੋਂ ਹਰਿਆਣਾ ਦੇ ਟੋਹਾਣਾ ਚ 4 ਜਨਵਰੀ ਤੇ ਮੋਗਾ ਚ 9 ਜਨਵਰੀ ਨੂੰ ਵਿਸ਼ਾਲ ਮਹਾਂਪੰਚਾਇਤ ਕਰਨ ਦਾ ਮਕਸਦ ਕਿਸਾਨਾਂ ਖੇਤ/ਪੇਂਡੂ ਮਜ਼ਦੂਰਾਂ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ ਲਈ ਤੇ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਲਈ ਤੇ ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ ਤੇ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ਾ ਖਤਮ ਕਰਵਾਉਣ ਲਈ ਗਰੰਟੀ ਕਾਨੂੰਨ ਬਣਾਉਣ ਲਈ। ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਿਹੜੇ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ ਲਈ। ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ ਲਈ। ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ ਲਈ ਤੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਹੱਲ ਕਰਵਾਉਣ ਸਮੇਤ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਰੈਲੀਆਂ ਚ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਚ ਸੈਂਕੜਿਆਂ ਦੀ ਗਿਣਤੀ ਚ ਬੱਸਾਂ ਦੇ ਕਾਫਲੇ ਸ਼ਾਮਲ ਹੋਣਗੇ ਤੇ ਹਜ਼ਾਰਾਂ ਕਿਸਾਨ ਤੇ ਔਰਤਾਂ ਸ਼ਾਮਲ ਹੋਣਗੇ।