ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਲਈ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਦੁਸਹਿਰੇ ਦੇ ਸ਼ੁਭ ਅਵਸਰ ’ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਜੋਂ ਅਪਗੇ੍ਰਡ ਕੀਤਾ ਜਾਵੇਗਾ ਅਤੇ ਮੋਰਿੰਡਾ ਵਿਖੇ ਜਲਦ ਹੀ ਇਕ ਟਰੌਮਾ ਸੈਂਟਰ ਵੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਪਸ਼ੂਧਨ ਦੀ ਗੁਣਵੱਤਾ ’ਚ ਸੁਧਾਰ ਲਿਆਉਣ ਲਈ ਬਿਹਤਰ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਭਰ ’ਚ ਦਿਹਾਤੀ ਖੇਤਰਾਂ ਦੀਆਂ ਪਸ਼ੂ ਪਾਲਣ ਡਿਸਪੈਂਸਰੀਆਂ ਨੂੰ ਅਪਗੇ੍ਰਡ ਕਰਨ ਦਾ ਵੀ ਐਲਾਨ ਕੀਤਾ। ਚੰਨੀ ਨੇ ਮੋਰਿੰਡਾ ਕਸਬੇ ਲਈ 42 ਕਰੋੜ ਰੁਪਏ ਦੀ ਲਾਗਤ ਨਾਲ ਇਕ ਸੀਵਰੇਜ ਪ੍ਰਾਜੈਕਟ ਅਤੇ 28 ਕਰੋੜ ਰਪਏ ਦੀ ਲਾਗਤ ਨਾਲ ਨਹਿਰ ਅਧਾਰਤ ਜਲ ਸਪਲਾਈ ਯੋਜਨਾ ਦਾ ਵੀ ਐਲਾਨ ਕੀਤਾ, ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ’ਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਖੇਤਰ ’ਚ ਸਤਲੁਜ ਦਰਿਆ ’ਤੇ 114 ਕਰੋੜ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਦੁਸਹਿਰੇ ਦੇ ਜਸ਼ਨਾਂ ਮੌਕੇ ਰਾਵਣ ਦੇ ਪੁਤਲੇ ਨੂੰ ਅਗਨੀ ਵਿਖਾਈ। ਚੰਨੀ ਨੇ ਅੱਗੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਵਿਸ਼ਵਵਿਆਪੀ ਸੱਚ ਦੀ ਯਾਦ ਦਿਵਾਉਂਦਾ ਹੈ ਅਤੇ ਇਹ ਤਿਉਹਾਰ ਫਿਰਕੂ ਰੁਕਾਵਟਾਂ ਨੂੰ ਪਾਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮੇਲ-ਜੋਲ ਦੇ ਬੰਧਨ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।