ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਮਾਨਸਾ, 24 ਜਨਵਰੀ : ਗੁਰਜੰਟ ਸਿੰਘ ਸ਼ੀਂਹ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ ਅਤੇ ਐਸ.ਪੀ. ਮਾਨਸਾ ਸ੍ਰੀ ਗੁਰਸ਼ਰਨ ਸਿੰਘ ਵੱਲੋਂ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਅਦਾ ਕਰਨਗੇ।

ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਸਿਵਲ, ਪੁਲਿਸ ਅਤੇ ਸਕੂਲਾਂ ਦੇ ਇੰਚਾਰਜ ਸਾਹਿਬਾਨਾਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੀਖਿਆ ਮੀਟਿੰਗ ਕੀਤੀ।