ਕਿਸਾਨ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ-ਡਿਪਟੀ ਕਮਿਸ਼ਨਰ

ਬਾਗ਼ਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਸਬੰਧੀ ਸੈਮੀਨਾਰ ਆਯੋਜਿਤ
ਮਾਨਸਾ, 06 ਮਾਰਚ: ਗੁਰਜੰਟ ਸਿੰਘ ਸ਼ੀਂਹ 
ਮਧੂ ਮੱਖੀ ਪਾਲਣ ਕਿੱਤੇ ਨੂੰ ਅਪਨਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਬਾਗ਼ਬਾਨੀ ਵਿਭਾਗ ਵੱਲੋਂ ਆਯੋਜਿਤ ਦੋ ਰੋਜ਼ਾ ਮਧੂ ਮੱਖੀ ਪਾਲਣ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।
ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫਸਲਾਂ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ। ਉਨ੍ਹਾਂ ਜ਼ਿਲ੍ਹੇ ਦੇ ਮਧੂ ਮੱਖੀ ਪਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁਕਵਾਂ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਕ ਹੋਰਨਾਂ ਕਿਸਾਨਾਂ ਨੂੰ ਵੀ ਇਸ ਕਿੱਤੇ ਨੂੰ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ। ਉਨ੍ਹਾਂ ਮਧੂ ਮੱਖੀ ਪਾਲਣ ਦਾ ਕਿੱਤਾ ਕਰਨ ਵਾਲੇ ਮਧੂ ਮੱਖੀ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਵੱਖ-ਵੱਖ ਮਾਹਿਰਾਂ ਵੱਲੋਂ ਮਧੂ ਮੱਖੀ ਪਾਲਣ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸ੍ਰੀ ਬਲਬੀਰ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਮਾਨਸਾ ਵੱਲੋਂ ਆਏ ਹੋਏ ਕਿਸਾਨਾਂ ਅਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਗਿਆ। ਡਾ. ਰਣਬੀਰ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਨੇ ਮਧੂ ਮੱਖੀਆਂ ਦੀ ਸਾਂਭ ਸੰਭਾਲ, ਬਿਮਾਰੀਆਂ ਅਤੇ ਮਧੂ ਮੱਖੀਆਂ ਤੇ ਕੀੜਿਆਂ ਦੇ ਹਮਲਿਆਂ, ਮੰਡੀਕਰਨ, ਮਾਈਗ੍ਰੇਸ਼ਨ ਆਦਿ ਵਿਸ਼ਿਆਂ ਤੇ ਕਿਸਾਨਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸ੍ਰੀਮਤੀ ਸਤਵੀਰ ਕੌਰ ਡੇਅਰੀ ਇੰਸਪੈਕਟਰ, ਸ੍ਰੀ ਚਮਨਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਸ੍ਰੀ ਹਰਪਿੰਦਰ ਸਿੰਘ ਭੂਮੀ ਰੱਖਿਆ ਅਫਸਰ, ਸ੍ਰੀ ਅਮਰਵੀਰ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ (ਅਜੀਵੀਕਾ ਮਿਸ਼ਨ) ਨੇ ਆਪਣੇ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ੍ਰੀ ਪਰਮੇਸ਼ਰ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ, ਮਾਨਸਾ, ਸ੍ਰੀ ਵਿਪੇਸ਼ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ  ਬੁਢਲਾਡਾ ਹਾਜਰ ਸਨ।