ਸਰਕਾਰ, ਪ੍ਰਸ਼ਾਸਨ ਅਤੇ ਪ੍ਰਾਈਵੇਟ ਖੇਤਰ ਵਿੱਚ ਅੱਜ ਉੱਚ ਅਹੁਦਿਆਂ ’ਤੇ ਔਰਤਾਂ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਅੱਜ ਦੇ ਦੌਰ ’ਚ ਔਰਤਾਂ ਹਰੇਕ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ-ਵਿਧਾਇਕ ਬੁੱਧ ਰਾਮ

ਵਹਿਮਾਂ-ਭਰਮਾਂ ਅਤੇ ਹੋਰ ਕੁਰੀਤੀਆਂ ਦਾ ਤਿਆਗ ਕਰ ਕੇ ਅੱਗੇ ਵੱਧਣ ਨੂੰ ਤਰਜੀਹ ਦੇਣੀ ਚਾਹੀਦੀ ਹੈ-ਡਿਪਟੀ ਕਮਿਸ਼ਨ

ਮਾਨਸਾ, 7 ਮਾਰਚ ਗੁਰਜੰਟ ਸਿੰਘ ਸ਼ੀਂਹ:ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 15 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅੱਜ ਦੇ ਯੁੱਗ ਵਿੱਚ ਔਰਤਾਂ ਪੁਰਸ਼ਾਂ ਦੇ ਮੁਕਾਬਲੇ ਵੱਧ ਨਾਮਣਾ ਖੱਟ ਰਹੀਆਂ ਹਨ ਅਤੇ ਹਰੇਕ ਹਰ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਨੇ ਅੱਜ ਮਾਨਸਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਮਹਿਲਾ ਦਿਵਸ-2025 ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਵੀ ਸੰਵਿਧਾਨ ਵਿੱਚ ਔਰਤਾਂ ਦੀ ਰਾਖੀ ਲਈ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੁਨੀਆ ਵਿੱਚ ਔਰਤਾਂ ਦਾ ਬਹੁਤ ਮਹੱਤਵਪੂਰਨ ਸਥਾਨ ਹੈ ਜੋ ਆਪਣੀ ਪਰਿਵਾਰਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਬਾਖੂਬੀ ਢੰਗ ਨਾਲ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਚੋਣਾਂ ਵਿੱਚ ਵੀ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਹੜੀਆਂ ਮਹਿਲਾ ਸਰਪੰਚ ਜੇਤੂ ਹੋਈਆਂ ਹਨ, ਉਹ ਖੁਦ ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਆਪਣੀ ਸ਼ਿਰਕਤ ਵਧਾਉਣ ਤਾਂ ਜੋ ਉਨ੍ਹਾਂ ਸਰਕਾਰ ਅਤੇ ਆਪਣੇ ਖੁਦ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਮਿਲ ਸਕੇੇ।

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਇਸ ਸਮਾਗਮ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ, ਉਥੇ ਹੀ ਔਰਤਾਂ ਵੱਲੋਂ ਸਮਾਜ ਵਿੱਚ ਕੀਤੀਆਂ ਜਾ ਰਹੀਆਂ ਵਿਲੱਖਣ ਪ੍ਰਾਪਤੀਆਂ ਅਤੇ ਦੇਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਵਿੱਚ ਔਰਤਾਂ ਨੂੰ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ ਕਿਉਂਕਿ ਔਰਤਾਂ ਨੇ ਆਪਣੇ ਬਲਬੁੱਤੇ ’ਤੇ ਬਹੁਤ ਬਿਹਤਰੀਨ ਮੁਕਾਮ ਹਾਸਿਲ ਕੀਤੇ ਹਨ। ਉਨ੍ਹਾਂ ਕਿਹਾ ਕਿ ਚਾਹੇ ਰਾਜਨੀਤਿਕ ਖੇਤਰ ਹੋਵੇ, ਪੜ੍ਹਾਈ ਜਾਂ ਖੇਡਾਂ ਦਾ ਖੇਤਰ, ਔਰਤਾਂ ਨੇ ਆਪਣੀ ਪ੍ਰਤਿਭਾ ਰਾਹੀਂ ਵਿਲੱਖਣ ਪਹਿਚਾਣ ਬਣਾਈ ਹੈ।

ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਸਰਕਾਰ, ਪ੍ਰਸ਼ਾਸਨ ਅਤੇ ਪ੍ਰਾਈਵੇਟ ਸੈਕਟਰ ਵਿੱਚ ਵੀ ਉੱਚ ਅਹੁਦਿਆਂ ’ਤੇ ਬੈਠ ਕੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨਸਾਨ ਦੀ ਜ਼ਿੰਦਗੀ ਵਿੱਚ ਜਨਮ ਤੋਂ ਲੈ ਕੇ ਮਰਨ ਤੱਕ ਔਰਤਾਂ ਵੱਲੋਂ ਹੀ ਜ਼ਿਆਦਾਤਰ ਰੀਤਿ-ਰਿਵਾਜ਼ ਨੇਪਰੇ ਚਾੜ੍ਹੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਦੇ ਖੇਤਰ ਵਿੱਚ ਕਈ ਕੰਮ ਕੀਤੇ ਜਾਂਦੇ ਹਨ, ਤਾਂ ਜੋ ਉਨ੍ਹਾਂ ਦਾ ਮਾਣ-ਸਤਿਕਾਰ ਸਮਾਜ ਵਿੱਚ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਅਤੇ ਮੌਜੂਦ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਵਹਿਮਾਂ-ਭਰਮਾਂ ਅਤੇ ਹੋਰ ਕੁਰੀਤੀਆਂ ਦਾ ਤਿਆਗ ਕਰ ਕੇ ਅੱਗੇ ਵੱਧਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਅੱਜ ਦੇ ਪ੍ਰੋਗਰਾਮ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਲੜਕੀਆਂ ਅਤੇ ਔਰਤਾਂ ਵੱਲੋਂ ਬਹੁਤ ਹੀ ਖ਼ੁਬਸੂਰਤ ਰੰਗੋਲੀਆਂ ਤਿਆਰ ਕੀਤੀਆਂ ਗਈਆਂ ਅਤੇ ਬਹੁਤ ਹੀ ਸੁੱਚਜੇ ਢੰਗ ਨਾਲ ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਵੰਨਗੀਆਂ ਕਰਵਾਈਆਂ ਗਈਆਂ।

ਅੱਜ ਦੇ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਸ਼੍ਰੀ ਹਰਪ੍ਰੀਤ ਸਿੰਘ ਪੀ.ਸੀ.ਐਸ., ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ, ਲੈਕਚਰਾਰ ਅਤੇ ਸਮਾਜ ਸੇਵੀ ਸ਼੍ਰੀਮਤੀ ਹੇਮਾ ਗੁਪਤਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇਬਅਸਮਿਤਾ ਵੇਜ ਤੋਂ ਇਲਾਵਾ ਜ਼ਿਲ੍ਹੇ ਦੀਆਂ ਔਰਤਾਂ ਮੌਜੂਦ ਸਨ।