ਫਰੀਦਕੋਟ 11 ਮਾਰਚ ਨਿਊਜ਼ ਸਰਵਿਸ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਵਾਸੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 1100 ਸਥਾਪਿਤ ਕੀਤਾ ਗਿਆ ਹੈ। ਜਿਸ ਤੇ ਕਾਲ ਕਰਕੇ ਜਿਲ੍ਹਾ ਵਾਸੀ ਕਿਸੇ ਵੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ, ਫੀਡਬੈਕ, ਬੇਨਤੀ ਅਤੇ ਜਾਣਕਾਰੀ ਲੈ ਸਕਦਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਵਾਸੀ 1100 ਨੰਬਰ ਡਾਇਲ ਕਰਕੇ ਸਬੰਧਤ ਵਿਭਾਗ ਤੋਂ ਆਪਣੇ ਕੰਮ ਸਬੰਧੀ ਸਾਰੀ ਜਾਣਕਾਰੀ ਘਰ ਬੈਠਿਆਂ ਹੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਤੋਂ ਇਲਾਵਾ ਇਸ ਹੈਲਪਲਾਈਨ ਨੰਬਰ ਤੇ ਸੇਵਾ ਕੇਂਦਰਾਂ ‘ਚ ਸੇਵਾਵਾਂ ਪ੍ਰਾਪਤ ਕਰਨ ‘ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।