ਬਿਕਰਮ ਮਜੀਠੀਆ ਖਿਲਾਫ਼ ਲੁਕਆਉਟ ਨੋਟਿਸ ਜਾਰੀ

ਚੰਡੀਗੜ੍ਹ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ‘ਚ ਮੋਹਾਲੀ ਦੇ ਸਟੇਟ ਕ੍ਰਾਈਮ ਸੈੱਲ ਫੇਜ਼-4 ‘ਚ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਲੁਕ ਆਉਟ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਲੁਕ ਆਉਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਪ੍ਰਗਟਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਾ ਹੈ।

ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹਨ। ਜਾਣਕਾਰੀ ਅਨੁਸਾਰ ਐਸਆਈਟੀ ਦੀਆਂ ਚਾਰ ਟੀਮਾਂ ਨੇ 16 ਥਾਵਾਂ ’ਤੇ ਛਾਪੇ ਮਾਰੇ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੀ ਟੀਮ ਦੇਰ ਸ਼ਾਮ ਸਾਢੇ ਤਿੰਨ ਵਜੇ ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ’ਤੇ ਪੁੱਜੀ ਪਰ ਉਥੇ ਕੋਈ ਨਹੀਂ ਮਿਲਿਆ। ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ‘ਤੇ ਕੇਸ ਦਰਜ ਕਰਨ ਬਾਰੇ ਸਾਬਕਾ ਮੰਤਰੀ ਨੂੰ ਪਹਿਲਾਂ ਹੀ ਪਤਾ ਸੀ। ਇਸ ਕਾਰਨ ਉਨ੍ਹਾਂ ਨੇ ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸਨ।

ਦੱਸ ਦੇਈਏ ਕਿ ਮਜੀਠੀਆ ਮਾਮਲੇ ‘ਚ ਪੰਜਾਬ ਪੁਲਿਸ ਨੇ ਜਾਂਚ ਲਈ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਹੈ। ਏਆਈਜੀ ਬਲਰਾਜ ਸਿੰਘ, ਡੀਐਸਪੀ ਰਾਜੇਸ਼ ਕੁਮਾਰ ਅਤੇ ਡੀਐਸਪੀ ਕੁਲਵੰਤ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਿੱਚ ਸ਼ਾਮਲ ਕੀਤਾ ਗਿਆ ਹੈ। ਏਆਈਜੀ ਦੀ ਅਗਵਾਈ ਵਿੱਚ ਬਣਾਈ ਗਈ ਐਸਆਈਟੀ ਮਾਮਲੇ ਦੀ ਜਾਂਚ ਕਰੇਗੀ। ਇਸ ਮਾਮਲੇ ‘ਚ ਏਜੀ ਦੀ ਰਿਪੋਰਟ ‘ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਵੀ ਮੁੜ ਸ਼ੁਰੂ ਹੋ ਗਈ ਹੈ।

ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਮਜੀਠੀਆ ਦੇ ਕਰੀਬੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਐਸਆਈਟੀ ਭਾਰਤ ਤੋਂ ਕੈਨੇਡਾ ਅਤੇ ਅਮਰੀਕਾ ਭੇਜੇ ਗਏ ਸੂਡੋ ਐਫੇਡਰਾਈਨ ਡਰੱਗ ਦੀ ਮੁੜ ਜਾਂਚ ਕਰੇਗੀ। ਪੈਸਿਆਂ ਦੇ ਲੈਣ-ਦੇਣ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਬਿਕਰਮ ਮਜੀਠੀਆ ਖਿਲਾਫ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮਜੀਠੀਆ ‘ਤੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਕਰਨ ਦਾ ਦੋਸ਼ ਹੈ।

ਦੋਸ਼ ਹੈ ਕਿ ਉਸ ਨੇ ਨਸ਼ਿਆਂ ਦੀ ਵੰਡ ਅਤੇ ਵਿਕਰੀ ਲਈ ਫੰਡਿੰਗ ਕੀਤੀ ਅਤੇ ਨਸ਼ਿਆਂ ਦੀ ਤਸਕਰੀ ਦੀ ਪੂਰੀ ਸਾਜ਼ਿਸ਼ ਰਚੀ। ਜਿੱਥੇ ਉਨ੍ਹਾਂ ਨੂੰ ਇਨੋਵਾ ਤੇ ਗੰਨਮੈਨ ਵੀ ਦਿੱਤੇ ਗਏ। ਚੰਡੀਗੜ੍ਹ ਦੇ ਸੈਕਟਰ-39 ਸਥਿਤ ਉਸ ਦੇ ਸਰਕਾਰੀ ਘਰ ਵਿਚ ਨਸ਼ਾ ਤਸਕਰ ਲਗਾਤਾਰ ਠਹਿਰਦੇ ਰਹੇ। ਇਸ ਮਾਮਲੇ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ ਫੜੇ ਗਏ ਮੁਲਜ਼ਮਾਂ ਦੇ ਬਿਆਨ ਵੀ ਸ਼ਾਮਲ ਕੀਤੇ ਗਏ ਹਨ।