ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਹੈ।
ਮਤੇ ਵਿੱਚ ਕਿਹਾ ਗਿਆ ਹੈ ਕਿ “ਪੰਜਾਬ ਸ਼ਹੀਦਾਂ ਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਤੇ ਉਸ ਤੋਂ ਬਾਅਦ 1962, 1965, 1971 ਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ “Gallantry Awards” ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸ ਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ।