ਵਿਦਿਆਰਥੀ ਦੀ ਪ੍ਰਤਿਭਾ ਤਲਾਸ਼ਣ ਅਤੇ ਤਰਾਸ਼ਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ ਮਾਪੇ ਅਧਿਆਪਕ ਮਿਲਣੀਆਂ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਪੇ ਅਧਿਆਪਕ ਮਿਲਣੀ ਦੌਰਾਨ ਡਿਪਟੀ ਕਮਿਸ਼ਨਰ ਨੇ ਕੀਤਾ ਸਕੂਲਾਂ ਦਾ ਦੌਰਾ

ਮਾਨਸਾ, 22 ਅਕਤੂੁਬਰ : ਗੁਰਜੰਟ ਸਿੰਘ ਬਾਜੇਵਾਲੀਆ 

ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੀ ਪੜ੍ਹਾਈ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਦਾ ਦੌਰਾ ਕੀਤਾ।

ਇਸ ਦੌਰਾਨ ਮਾਪਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈੱਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਧੀਆ ਤਾਲੀਮ ਹਾਸਲ ਕਰ ਸਕਣ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ ਜਰੂਰਤ ਸਿਰਫ਼ ਉਸ ਪ੍ਰਤਿਭਾ ਨੂੰ ਤਲਾਸ਼ਣ ਅਤੇ ਤਰਾਸ਼ਣ ਦੀ ਹੈ ਅਤੇ ਇਹ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੋ ਸਕਦਾ ਹੈ।

ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਵਿਖੇ ਮਿਡ-ਡੇਅ-ਮੀਲ ਦੌਰਾਨ ਪਰੋਸੇ ਜਾਂਦੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਪੜ੍ਹਾਈ ਕਰਕੇ ਚੰਗੇ ਮੁਕਾਮ ਹਾਸਿਲ ਕਰਨ ਲਈ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਮਾਨਸਾ ਡਾ. ਵਿਜੈ ਕੁਮਾਰ ਮਿੱਢਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਖੇ ਵਿਦਿਆਰਥੀਆਂ ਨੂੰ ਨੀਟ, ਜੇ.ਈ.ਈ. ਐਡਵਾਂਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਕੰਬਾਈਨਡ ਯੂਨੀਵਰਸਿਟੀ ਐਂਟਰੈਂਸ ਟੈਸਟ ਅਤੇ ਕਾਮਨ ਲਾਅ ਐਡਮਿਸ਼ਨ ਟੈਸਟ ਦੀ ਵੀ ਤਿਆਰੀ ਕਰਵਾਈ ਜਾਂਦੀ ਹੈ।

ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਦੇ ਈ.ਟੀ.ਟੀ. ਅਧਿਆਪਕ ਮੈਡਮ ਰਿਚਾ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।