ਚੰਡੀਗੜ੍ਹ: ਕਾਂਗਰਸੀ ਲੀਡਰ ਸੁਖਪਾਲ ਖਹਿਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਮਾਂਡ ਦੌਰਾਨ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਪੁਲਿਸ ‘ਤੇ ਅਣਮਨੁੱਖੀ ਰਵੱਈਏ ਦੇ ਦੋਸ਼ ਲਗਾਏ ਗਏ ਹਨ। ਇਸ ਦੀ ਜਾਣਕਾਰੀ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੱਤੀ ਹੈ।
ਦੱਸ ਦਈਏ ਕਿ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਈਡੀ ਦੇ 7 ਦਿਨਾਂ ਰਿਮਾਂਡ ‘ਤੇ ਹਨ। ਉਨ੍ਹਾਂ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ।
ਮਹਿਤਾਬ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਇੱਕ ਪਾਂਡੇ ਨਾਂ ਦੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖ ਦਿੱਤਾ ਜੋ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਮਹਿਤਾਬ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਿਸ ਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ।ਮਹਿਤਾਬ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ, ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।