ਬਰਨਾਲਾ ,1 ਨਵੰਬਰ /ਕਰਨਪ੍ਰੀਤ ਕਰਨ
ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਅਤੇ ਆੜਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਪੰਜਾਬ ਸਰਕਾਰ ਹੱਥ ‘ਤੇ ਹੱਥ ਧਰੀ ਬੈਠੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਨੇੜਲੇ ਪਿੰਡ ਸੇਖਾ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਨੂੰ ਮੰਡੀਆਂ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕਾਲਾ ਢਿੱਲੋ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪਿਛਲੇ ਕਈ ਦਿਨਾਂ ਤੋਂ ਝੋਨਾ ਲਈ ਮੰਡੀਆਂ ਅੰਦਰ ਬੈਠੇ ਹਨ। ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਢੇਰੀਆਂ ਮੰਡੀਆਂ ਦੇ ਬਾਹਰ ਤੱਕ ਆ ਚੁੱਕੀਆਂ ਹਨ, ਪਰ ਲਿਫਟਿੰਗ ਨਹੀਂ ਹੋ ਰਹੀ। ਜਿਸ ਕਾਰਨ ਮੰਡੀਆਂ ਵਿੱਚ ਹੋਰ ਝੋਨਾ ਸੁੱਟਣ ਨੂੰ ਥਾਂ ਨਹੀਂ। ਉਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦੀ ਮੰਡੀਆਂ ਵਿੱਚ ਲਿਫਟਿੰਗ ਦਾ ਮੁਕੰਮਲ ਪ੍ਰਬੰਧ ਕਰੇ ਤਾਂ ਜੋ ਕਿਸਾਨ ਆਪਣੇ ਝੋਨੇ ਦੀ ਕਟਾਈ ਕਰਕੇ ਮੰਡੀਆਂ ਵਿੱਚ ਲਿਆ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਡੀਏਪੀ ਦੀ ਘਾਟ ਤੋਂ ਵੀ ਬਹੁਤ ਤੰਗ ਹੋ ਰਹੇ ਹਨ। ਕਾਲਾ ਢਿੱਲੋ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕਿਸਾਨਾਂ ਨਾਲ ਸਾਰੀਆਂ ਫਸਲਾਂ ‘ਤੇ ਐਮਐਸਪੀ ਦੇਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਫਸਲਾਂ ਦੀ ਹੱਥੋਂ ਹੱਥ ਖਰੀਦ ਕਰਕੇ ਤੁਰੰਤ ਅਦਾਇਗੀ ਕਰਨ, ਮੰਡੀਆਂ ਵਿੱਚ ਮਜ਼ਦੂਰਾਂ ਦੀ ਖੱਜਲ ਖੁਆਰੀ ਰੋਕਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਅਨੇਕਾਂ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਵਿਸਾਰ ਦਿੱਤਾ ਹੈ। ਸਰਕਾਰ ਦੀ ਇਸ ਅਣਦੇਖੀ ਦਾ ਕਿਸਾਨ, ਮਜ਼ਦੂਰ, ਆੜ੍ਹਤੀਏ ਇਨ੍ਹਾਂ ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ‘ਆਪ’ ਸਰਕਾਰ ਨੂੰ ਜਵਾਬ ਦੇਣ ਤੇ ਕਾਂਗਰਸ ਦੇ ਹੱਕ ’ਚ ਫ਼ਤਵਾ ਦੇਣ ਲਈ ਕਾਹਲੇ ਬੈਠੇ ਹਨ। ਕਾਲਾ ਢਿੱਲੋ ਨੇ ਅੱਗੇ ਕਿਹਾ ਕਿ ਜੇਕਰ ਜਲਦ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ।