ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਸਿੱਧੂ ਨੇ ਮੁੜ ਲਾਇਆ ਮੋਦੀ ਸਰਕਾਰ ‘ਤੇ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸ ਤੋਂ ਇਲਾਵਾ ਸਿੱਧੂ ਨੇ ਟਵੀਟ ਰਾਹੀਂ MSP ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮੁੜ ਘੇਰਿਆ। ਉਨ੍ਹਾਂ ਕਿਹਾ ਕਿਹਾ, ‘MSP ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ। ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ ਸੀ-2 ਫਾਰਮੂਲੇ ਨੂੰ ਸਵੀਕਾਰ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਇਸ ਮੰਗ ਨੂੰ ਮਨਜ਼ੂਰ ਕਰਨਾ ਚਾਹੀਦਾ ਹੈ।’

ਇਸ ਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇਕ ਟਵੀਟ ਕੀਤਾ ਸੀ। ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵਿਚ ਚੁੱਕਿਆ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫਲਤਾ ਮਿਲੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਰੋਡ ਮੈਪ ਰਾਹੀਂ ਪੰਜਾਬ ‘ਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।